|
ਦਾਦੂਵਾਲ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਵਕਾਲਤ |
|
|
ਗੁਰਦਾਸਪੁਰ.7 ਜੂਨ:-ਪੰਥਕ ਲਹਿਰ ਦੇ ਆਗੂ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੁਰਦਾਸਪੁਰ ਗੋਲੀਕਾਂਡ ਦੌਰਾਨ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ’ਚ ਮ੍ਰਿਤਕ ਦੇ ਪਿੰਡ ਚੌਡ਼ ਸਿੱਧਵਾਂ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ 20 ਜੂਨ ਨੂੰ ਰੋਸ ਮਾਰਚ ਕਰਨ ਦੀ ਚਿਤਾਵਨੀ ਦਿੱਤੀ ਹੈ।ਅੱਜ ਇਥੇ ਪੈ੍ਰਸ ਕਾਨਫਰੰਸ ਦੌਰਾਨ ਉਨ੍ਹਾਂ ਇਹ ਜਾਣਕਾਰੀ ਦਿੰਦਿਆਂ ਇਸ ਮਾਮਲੇ ’ਚ ਅਕਾਲ ਤਖ਼ਤ ਦੇ ਜਥੇਦਾਰ ਸਮੇਤ ਤਮਾਮ ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਦਾ ਸਹਿਯੋਗ ਮਿਲਣ ਦਾ ਦਾਅਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਬੰਦ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 28 ਮਈ ਨੂੰ ਮ੍ਰਿਤਕ ਜਸਪਾਲ ਸਿੰਘ
ਦੇ ਪਰਿਵਾਰਕ ਮੈਂਬਰਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦੇਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਘਾਣ ਸੀ ਅਤੇ ਐਸ.ਐਸ.ਪੀ. (ਗੁਰਦਾਸਪੁਰ) ਦੀ ਤਾਨਾਸ਼ਾਹੀ ਕਾਰਵਾਈ ਸੀ। ਉਨ੍ਹਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪ ਕੇ ਸਾਰੀ ਕਾਰਵਾਈ ਤੋਂ ਜਾਣੂ ਕਰਵਾ ਕੇ ਦਖ਼ਲ ਦੇਣ ਦੀ ਮੰਗ ਵੀ ਕੀਤੀ ਗਈ ਹੈ। ਪੁਲੀਸ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਪੰਜਾਬ ਸਰਕਾਰ ਨੂੰ 19 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਸਮੂਹ ਸੰਗਠਨਾਂ ਦੇ ਸਹਿਯੋਗ ਨਾਲ ਜਸਪਾਲ ਸਿੰਘ ਦੇ ਪਿੰਡ ਚੌਡ਼ ਸਿੱਧਵਾਂ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਰ ਰੋਸ ਮਾਰਚ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
|