|
ਮੁਲਾਜ਼ਮ ਜਥੇਬੰਦੀ ਵੱਲੋਂ ਮੰਗਾਂ ਦੇ ਹੱਕ ’ਚ ਰੈਲੀ |
|
|
ਹੁਸ਼ਿਆਰਪੁਰ.15 ਜੂਨ:-ਦੇਸ਼ ਭਰ ਵਿਚ ਮਨਾਏ ਜਾ ਰਹੇ ਪੂੰਜੀਵਾਦ ਅਤੇ ਨਿੱਜੀਕਰਨ ਵਿਰੋਧੀ ਦਿਵਸ ਵਜੋਂ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫ਼ੈਡਰੇਸ਼ਨ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਪ.ਸ.ਸ.ਫ) ਵੱਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕ ਤਹਿਸੀਲ ਪੱਧਰੀ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਸੰਖਿਆ ਵਿਚ ਮੁਲਾਜ਼ਮਾਂ ਨੇ ਭਾਗ ਲਿਆ। ਰੈਲੀ ਦੌਰਾਨ ਜਨਰਲ ਸਕੱਤਰ ਮਨਜੀਤ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਉਦਾਰੀਕਰਨ, ਸੰਸਾਰੀਕਾਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰ ਰਹੀਆਂ ਹਨ ਜਿਸ ਨਾਲ ਬੇਰੁਜ਼ਗਾਰੀ ਵਿਚ ਭਾਰੀ ਵਾਧਾ ਹੋਇਆ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਠੇਕੇ ’ਤੇ ਭਰਤੀ ਕਰਕੇ ਕਾਮਿਆਂ ਨੂੰ ਨਿਗੂਣਾ ਜਿਹਾ ਭੱਤਾ ਦਿੱਤਾ ਜਾ ਰਿਹਾ ਹੈ, ਸੇਵਾ ਸੁਰੱਖਿਆ ਖਤਮ ਹੋ ਗਈ ਹੈ, ਮਹਿੰਗਾਈ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਮੁਲਾਜ਼ਮਾਂ ਨੂੰ ਕਈ-ਕਈ ਮਹੀਨੇ ਤਨਖਾਹਾਂ ਨਹੀਂ ਮਿਲਦੀਆਂ, ਵਿਭਾਗਾਂ ਅੰਦਰ ਖਾਲੀ ਅਸਾਮੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਰੁਜ਼ਗਾਰ ਦੀ ਮੰਗ ਕਰਨ ਵਾਲੇ ਬੇਰੁਜ਼ਗਾਰਾਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਵਿਰੋਧੀ ਨੀਤੀ ਨੂੰ ਤੁਰੰਤ ਖਤਮ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
|